ਕੇਵਲ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਨਾਲ ਸਬੰਧਤ ਕਿਤਾਬਾਂ, ਸਾਹਿਤ ਅਤੇ ਕੁਝ ਪੈਂਫਲਿਟ ਰੱਖਣ ਦੇ ਦੋਸ਼ ਵਿਚ ਹੀ ਪੁਲੀਸ ਵੱਲੋਂ ਆਈਪੀਸੀ ਦੀ ਧਾਰਾ 121 ਅਤੇ ਹੋਰ ਧਾਰਾਵਾਂ ਤਹਿਤ ਦਰਜ ਕੇਸ ਵਿਚ ਫਰਵਰੀ 2019 ਨੂੰ ਸ਼ਹੀਦ ਭਗਤ ਸਿੰਘ ਨਗਰ ਦੀ ਸੈਸ਼ਨ ਅਦਾਲਤ ਨੇ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ। ਜੇਕਰ ਅਜਿਹੇ ਤੱਥਾਂ ਨੂੰ ਹੀ ਆਧਾਰ ਬਣਾ ਲਿਆ ਜਾਵੇ ਤਾਂ ਵੱਡੇ ਪੱਧਰ ਉੱਤੇ ਬੁੱਧੀਜੀਵੀ, ਵਿਦਿਆਰਥੀ ਅਤੇ ਹੋਰ ਸਿਆਸੀ ਕਾਰਕੁਨ ਦੇਸ਼ ਧਰੋਹੀ ਸਾਬਤ ਕਰ ਦਿੱਤੇ ਜਾਣਗੇ। ਹਾਲਾਂਕਿ ਬਲਵੰਤ ਸਿੰਘ ਅਤੇ ਹੋਰ ਬਨਾਮ ਸਟੇਟ ਆਫ ਪੰਜਾਬ ਕੇਸ ਵਿਚ ਸੁਪਰੀਮ ਕੋਰਟ ਨੇ ਸਪਸ਼ਟ ਫ਼ੈਸਲਾ ਦਿੱਤਾ ਸੀ ਕਿ ਕੁਝ ਨਾਅਰੇ ਲਗਾ ਦੇਣ ਨਾਲ ਕੋਈ ਦੇਸ਼ ਧਰੋਹੀ ਨਹੀਂ ਹੋ ਜਾਂਦਾ। ਸ਼ਾਂਤਮਈ ਤਰੀਕੇ ਨਾਲ ਕਿਸੇ ਨੂੰ ਵੀ ਵੱਖਰੇ ਰਾਜ ਦੀ ਗੱਲ ਕਰਨ ਦਾ ਅਧਿਕਾਰ ਹੈ।